GURBANI TRANSLATION

JAPJI SAHIB

ਵਾਕ:- ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਹਿ ਸਿਰਿ ਭਾਰੁ ਹੋਇ ॥
ਅਰਥ: (ਕੁਦਰਤਿ ਦੇ ਅਨੇਕ ਜੀਵਾਂ ਤੇ ਹੋਰ ਬੇਅੰਤ ਪਦਾਰਥਾਂ ਦੇ) ਅਸੰਖਾਂ ਹੀ ਨਾਮ ਹਨ ਤੇ ਅਸੰਖਾਂ ਹੀ (ਉਹਨਾਂ ਦੇ) ਥਾਂ ਟਿਕਾਣੇ ਹਨ। (ਕੁਦਰਤ ਵਿਚ) ਅਸੰਖਾਂ ਹੀ ਭਵਣ ਹਨ ਜਿਨ੍ਹਾਂ ਤਕ ਮਨੁੱਖ ਦੀ ਪਹੁੰਚ ਹੀ ਨਹੀਂ ਹੋ ਸਕਦੀ। (ਪਰ ਜੋ ਮਨੁੱਖ ਕੁਦਰਤਿ ਦਾ ਲੇਖਾ ਕਰਨ ਵਾਸਤੇ ਸ਼ਬਦ) 'ਅਸੰਖ' (ਭੀ) ਆਖਦੇ ਹਨ, (ਉਹਨਾਂ ਦੇ) ਸਿਰ ਉੱਤੇ ਭੀ ਭਾਰ ਹੁੰਦਾ ਹੈ (ਭਾਵ, ਉਹ ਭੀ ਭੁੱਲ ਕਰਦੇ ਹਨ, 'ਅਸੰਖ' ਸ਼ਬਦ ਭੀ ਕਾਫੀ ਨਹੀਂ ਹੈ) ।
ਵਾਕ:- ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥
ਅਰਥ: (ਭਾਵੇਂ ਅਕਾਲ ਪੁਰਖ ਦੀ ਕੁਦਰਤਿ ਦਾ ਲੇਖਾ ਲਫ਼ਜ਼ 'ਅਸੰਖ' ਤਾਂ ਕਿਤੇ ਰਿਹਾ, ਕੋਈ ਭੀ ਸ਼ਬਦ ਕਾਫ਼ੀ ਨਹੀਂ ਹੈ, ਪਰ) ਅਕਾਲ ਪੁਰਖ ਦਾ ਨਾਮ ਭੀ ਅੱਖਰਾਂ ਦੀ ਰਾਹੀਂ ਹੀ (ਲਿਆ ਜਾ ਸਕਦਾ ਹੈ) , ਉਸ ਦੀ ਸਿਫ਼ਿਤ-ਸਾਲਾਹ ਭੀ ਅੱਖਰਾਂ ਦੀ ਰਾਹੀਂ ਹੀ ਕੀਤੀ ਜਾ ਸਕਦੀ ਹੈ। ਅਕਾਲ ਪੁਰਖ ਦਾ ਗਿਆਨ ਭੀ ਅੱਖਰਾਂ ਦੀ ਰਾਹੀਂ ਹੀ (ਵਿਚਾਰਿਆ ਜਾ ਸਕਦਾ ਹੈ) । ਅੱਖਰਾਂ ਦੀ ਰਾਹੀਂ ਹੀ ਉਸਦੇ ਗੀਤ ਅਤੇ ਗੁਣਾਂ ਦਾ ਵਾਕਫ਼ ਹੋ ਸਕੀਦਾ ਹੈ। ਬੋਲੀ ਦਾ ਲਿਖਣਾ ਤੇ ਬੋਣਾ ਭੀ ਅੱਖਰਾਂ ਦੀ ਰਾਹੀਂ ਹੀ ਦੱਸਿਆ ਜਾ ਸਕਦਾ ਹੈ। (ਇਸ ਕਰਕੇ ਸ਼ਬਦ 'ਅਸੰਖ' ਵਰਤਿਆ ਗਿਆ ਹੈ, ਉਂਝ) ਜਿਸ ਅਕਾਲ ਪੁਰਖ ਨੇ (ਜੀਵਾਂ ਦੇ ਸੰਜੋਗ ਦੇ) ਇਹ ਅੱਖਰ ਲਿਖੇ ਹਨ, ਉਸ ਦੇ ਸਿਰ ਉੱਤੇ ਕੋਈ ਲੇਖ ਕਹੀਂ ਹੈ (ਭਾਵ, ਕੋਈ ਮਨੁੱਖ ਉਸ ਅਕਾਲ ਪੁਰਖ ਦਾ ਲੇਖਾ ਨਹੀਂ ਕਰ ਸਕਦਾ) । ਜਿਸ ਜਿਸ ਤਰ੍ਹਾਂ ਉਹ ਅਕਾਲ ਪੁਰਖ ਹੁਕਮ ਕਰਦਾ ਹੈ ਉਸੇ ਤਰ੍ਹਾਂ (ਜੀਵ ਆਪਣੇ ਸੰਜੋਗ) ਭੋਗਦੇ ਹਨ।
ਵਾਕ:- ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥
ਅਰਥ: ਇਹ ਸਾਰਾ ਸੰਸਾਰ, ਜੋ ਅਕਾਲ ਪੁਰਖ ਨੇ ਬਣਾਇਆ ਹੈ, ਇਹ ਉਸ ਦਾ ਸਰੂਪ ਹੈ ('ਇਹੁ ਵਿਸੁ ਸੰਸਾਰੁ ਤੁਮ ਦੇਖਦੇ, ਇਹੁ ਹਰਿ ਕਾ ਰੂਪੁ ਹੈ, ਹਰਿ ਰੂਪੁ ਨਦਰੀ ਆਇਆ') । ਕੋਈ ਥਾਂ ਅਕਾਲ ਪੁਰਖ ਦੇ ਸਰੂਪ ਤੋਂ ਖ਼ਾਲੀ ਨਹੀਂ ਹੈ, (ਭਾਵ, ਜਿਹੜੀ ਥਾਂ ਜਾਂ ਪਦਾਰਥ ਵੇਖੀਏ ਉਹੀ ਅਕਾਲ ਪੁਰਖ ਦਾ ਸਰੂਪ ਦਿੱਸਦਾ ਹੈ, ਸ੍ਰਿਸ਼ਟੀ ਦਾ ਜ਼ੱਰਾ ਜ਼ੱਰਾ ਅਕਾਲ ਪੁਰਖ ਦਾ ਸਰੂਪ ਹੈ) ।
ਵਾਕ:- ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੯॥
ਅਰਥ: ਮੇਰੀ ਕੀਹ ਤਾਕਤ ਹੈ ਕਿ ਕਰਤਾਰ ਦੀ ਕੁਦਰਤਿ ਦੀ ਵੀਚਾਰ ਕਰ ਸਕਾਂ? (ਹੇ ਅਕਾਲ ਪੁਰਖ!) ਮੈਂ ਤਾਂ ਤੇਰੇ ਉਤੋਂ ਇਕ ਵਾਰੀ ਭੀ ਸਦਕੇ ਹੋਣ ਜੋਗਾ ਨਹੀਂ ਹਾਂ (ਭਾਵ, ਮੇਰੀ ਹਸਤੀ ਬਹੁਤ ਹੀ ਤੁੱਛ ਹੈ) । ਹੇ ਨਿਰੰਕਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ, ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਕੰਮ ਭਲਾ ਹੈ, (ਭਾਵ, ਤੇਰੀ ਰਜ਼ਾ ਵਿਚ ਰਹਿਣਾ ਹੀ ਅਸਾਂ ਜੀਵਾਂ ਲਈ ਭਲੀ ਗੱਲ ਹੈ) ।19।

No comments:

Post a Comment

GURBANI TRANSLATION IN ENGLISH

JAPJI SAHIB ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ There are nether worlds beneath nether worlds, and hundreds of thousands of heavenly worlds...