JAPJI SAHIB
ਵਾਕ:- ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ਅਰਥ: ਜੇ ਹੱਥ ਜਾਂ ਪੈਰ ਜਾਂ ਸਰੀਰ ਲਿੱਬੜ ਜਾਏ, ਤਾਂ ਪਾਣੀ ਨਾਲ ਧੋਤਿਆਂ ਉਹ ਮੈਲ ਉਤਰ ਜਾਂਦੀ ਹੈ।
ਵਾਕ:- ਮੂਤ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥
ਅਰਥ: ਜੇ (ਕੋਈ) ਕੱਪੜਾ ਮੂਤਰ ਨਾਲ ਗੰਦਾ ਹੋ ਜਾਏ, ਤਾਂ ਸਾਬੁਣ ਲਾ ਕੇ ਉਸ ਨੂੰ ਧੋ ਲਈਦਾ ਹੈ।
ਵਾਕ :- ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥
ਅਰਥ: (ਪਰ) ਜੇ (ਮਨੁੱਖ ਦੀ) ਬੁੱਧੀ ਪਾਪਾਂ ਨਾਲ ਮਲੀਨ ਹੋ ਜਾਏ, ਤਾਂ ਉਹ ਪਾਪ ਅਕਾਲ ਪੁਰਖ ਦੇ ਨਾਮ ਵਿਚ ਪਿਆਰ ਕਰਨ ਨਾਲ ਹੀ ਧੋਇਆ ਜਾ ਸਕਦਾ ਹੈ।
ਵਾਕ:- ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥੨੦॥
ਅਰਥ: ਹੇ ਨਾਨਕ! 'ਪੰਨੀ' ਜਾਂ 'ਪਾਪ' ਨਿਰਾ ਨਾਮ ਹੀ ਨਹੀਂ ਹੈ (ਭਾਵ, ਨਿਰਾ ਕਹਿਣ-ਮਾਤਰ ਨਹੀਂ ਹੈ, ਸੱਚ-ਮੁੱਚ ਹੀ) ਤੂੰ ਜਿਹੋ ਜਿਹੇ ਕਰਮ ਕਰੇਂਗਾ ਤਿਹੋ ਜਿਹੇ ਸੰਸਕਾਰ ਆਪਣੇ ਅੰਦਰ ਉੱਕਰ ਕੇ ਨਾਲ ਲੈ ਜਾਹਿਂਗਾ। ਜੋ ਕੁਝ ਤੂੰ ਬੀਜੇਂਗਾ, ਉਸ ਦਾ ਫਲ ਆਪ ਹੀ ਖਾਹਿਂਗਾ। (ਆਪਣੇ ਬੀਜੇ ਅਨੁਸਾਰ) ਅਕਾਲ ਪੁਰਖ ਦੇ ਹੁਕਮ ਵਿਚ ਜਨਮ ਮਰਨ ਦੇ ਗੇੜ ਵਿਚ ਪਿਆ ਰਹੇਂਗਾ। 20।
ਨੋਟ-ਪਹਿਲੀ ਪਉੜੀ ਵਿਚ ਤੁਕ ਆਈ ਹੈ, 'ਹੁਕਮਿ ਰਜਾਈ ਚਲਣਾ, ਨਾਨਕ ਲਿਖਿਆ ਨਾਲਿ'। ਦੂਜੀ ਪਉੜੀ ਵਿਚ ਜ਼ਿਕਰ ਆਇਆ ਹੈ, 'ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖੁ ਸੁਖੁ ਪਾਈਅਹਿ'। ਹੁਣ ਇਸ ਪਉੜੀ ਵਿਚ ਉਪਰਲੀਆਂ ਤੁਕਾਂ ਵਾਲਾ ਖ਼ਿਆਲ ਬਿਲਕੁਲ ਸਾਫ਼ ਕੀਤਾ ਗਿਆ ਹੈ। ਸਾਰੀ ਸ੍ਰਿਸ਼ਟੀ ਅਕਾਲ ਪੁਰਖ ਦੇ ਖ਼ਾਸ ਨੀਯਮਾਂ ਵਿਚ ਚੱਲ ਰਹੀ ਹੈ। ਇਹਨਾਂ ਨੀਯਮਾਂ ਦਾ ਨਾਮ ਸਤਿਗੁਰੂ ਜੀ ਨੇ 'ਹੁਕਮ' ਰੱਖਿਆ ਹੈ। ਉਹ ਨੀਯਮ ਇਹ ਹਨ ਕਿ ਮਨੁੱਖ ਜਿਹੋ ਜਿਹਾ ਕਰਮ ਕਰਦਾ ਹੈ, ਤਿਹੋ ਜਿਹਾ ਫਲ ਪਾਂਦਾ ਹੈ। ਉਸ ਦੇ ਆਪਣੇ ਧੁਰ ਅੰਦਰ ਉਹੋ ਜਿਹੇ ਹੀ ਚੰਗੇ-ਮੰਦੇ ਸੰਸਕਾਰ ਬਣ ਜਾਂਦੇ ਹਨ ਅਤੇ ਉਹਨਾਂ ਦੇ ਅਨੁਸਾਰ ਹੀ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਾਂ, ਅਕਾਲ ਪੁਰਖ ਦੀ ਰਜ਼ਾ ਵਿਚ ਤੁਰ ਕੇ ਆਪਣਾ ਜਨਮ ਸਫਲ ਕਰ ਲੈਂਦਾ ਹੈ।
No comments:
Post a Comment